ਪੰਜਾਬ ‘ਚ ਤੂਫਾਨ ਦੇ ਨਾਲ – ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
(ਚੰਡੀਗੜ੍ਹ 6 ਮਈ – ਸੰਦੀਪ ਕੌਰ ਸਾਹਿਬਾ / ਜਸਵਿੰਦਰ ਜੁਲਕਾ) ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਤਾਪਮਾਨ ਇੱਕ ਡਿਗਰੀ ਘੱਟ ਕੇ ਆਮ ਨਾਲੋਂ 6.4 ਡਿਗਰੀ ਘੱਟ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ 6 ਮਈ ਨੂੰ ਗਰਜ, ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਹੁਣ 6 ਅਤੇ ਕੱਲ 7 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ, ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। 7 ਮਈ ਨੂੰ, ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਅੱਜ 6 ਮਈ ਨੂੰ ਅੱਠ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ ਅਤੇ ਤੇਜ਼ ਹਵਾਵਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। 14 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ, ਸੂਬੇ ਦੇ ਕਿਸੇ ਵੀ ਜ਼ਿਲ੍ਹੇ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਨਹੀਂ ਪਹੁੰਚਿਆ, ਜਦੋਂ ਕਿ 13 ਜ਼ਿਲ੍ਹਿਆਂ ਵਿੱਚ ਤਾਪਮਾਨ 31 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਬਠਿੰਡਾ ਹਵਾਈ ਅੱਡੇ ‘ਤੇ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਵਿੱਚ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 31.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ 24 ਘੰਟਿਆਂ ਵਿੱਚ 1.5 ਡਿਗਰੀ ਘਟਿਆ ਹੈ।

